punjabi

ਕੈਪਟਨ ਸਰਕਾਰ ਸਕੂਲਾਂ ‘ਚ ਅੱਜ ਤੋਂ ਸ਼ੁਰੂ ਕਰੇਗੀ ਪ੍ਰੀ-ਪ੍ਰਾਇਮਰੀ ਕਲਾਸਾਂ

webdesk | Tuesday, November 14, 2017 11:37 AM IST

ਚੰਡੀਗੜ੍ਹ/ਮੋਹਾਲੀ : ਕੈਪਟਨ ਸਰਕਾਰ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਸਿੱਖਿਆ ਮੰਤਰੀ ਅਰੁਣਾ ਚੌਧਰੀ ਮੋਹਾਲੀ ਦੇ ਫੇਜ਼-7 ਸਥਿਤ ਇਕ ਪ੍ਰਾਇਮਰੀ ਸਕੂਲ ਵਿਖੇ ਹੋਣ ਵਾਲੇ ਸਮਾਰੋਹ ਦੌਰਾਨ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਕਰਨਗੇ।

ਸਾਰੇ ਪੰਜਾਬ ਦੇ 12500 ਪ੍ਰਾਇਮਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਨੂੰ ਖੇਡ ਮਹਿਲ ਦਾ ਨਾਂ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਚੌਧਰੀ ਨੇ ਭਲਕੇ ਬਾਲ ਦਿਵਸ ਨੂੰ ਪੰਜਾਬ ਦੀ ਸਿੱਖਿਆ ਦੇ ਖੇਤਰ ਖਾਸ ਕਰ ਕੇ ਪ੍ਰਾਇਮਰੀ ਸਿੱਖਿਆ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੇਖਿਆ ਗਿਆ ਸੁਪਨਾ ਹਕੀਕਤ ਵਿਚ ਬਦਲ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ 3 ਤੋਂ 6 ਸਾਲ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਭਲਕੇ ਬਾਲ ਦਿਵਸ ਮੌਕੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਬੱਚਿਆਂ ਲਈ ਬਾਲ ਦਿਵਸ ਦਾ ਇਸ ਤੋਂ ਵੱਡਾ ਤੋਹਫਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਨਾਲ ਜਿਥੇ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਹੋਵੇਗੀ, ਉਥੇ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਣਗੇ।

ਇਸੇ ਦੌਰਾਨ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਕੱਲ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਸਮਾਗਮ ਹੋਣਗੇ ਤੇ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ ਦਾਖਲ ਬੱਚਿਆਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਖੇਡ ਮਹਿਲ' ਦੇ ਨਾਂ ਨਾਲ ਸ਼ੁਰੂ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਨਰਸਰੀ, ਐੱਲ. ਕੇ. ਜੀ. ਤੇ ਯੂ. ਕੇ. ਜੀ. ਵਿਚ ਦਾਖਲ ਕੀਤਾ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਸਿਖਾਇਆ ਜਾਵੇਗਾ।

ਆਂਗਣਵਾੜੀ ਮੁਲਾਜ਼ਮਾਂ ਵਲੋਂ ਜੇਲ ਭਰੋ ਅੰਦੋਲਨ ਦੀ ਤਿਆਰੀ
ਆਂਗਣਵਾੜੀ ਵਰਕਰ ਯੂਨੀਅਨ ਦੇ ਵਿਰੋਧ ਦੇ ਬਾਵਜੂਦ ਕੈਪਟਨ ਸਰਕਾਰ 14 ਨਵੰਬਰ ਨੂੰ ਬਾਲ ਦਿਵਸ ਮੌਕੇ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਜਾ ਰਹੀ ਹੈ। ਇਸ ਫੈਸਲੇ ਦੇ ਵਿਰੋਧ ਵਿਚ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ 15 ਨਵੰਬਰ ਤੋਂ ਜੇਲ ਭਰੋ ਅੰਦੋਲਨ ਸ਼ੁਰੂ ਕਰਨ ਦੀ ਤਿਆਰ ਕਰ ਲਈ ਗਈ ਹੈ। ਯੂਨੀਅਨ ਦੀ ਸੂਬਾਈ ਨੇਤਾ ਹਰਜੀਤ ਕੌਰ ਨੇ ਕਿਹਾ ਕਿ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਨਾਲ ਆਂਗਣਵਾੜੀ ਸੈਂਟਰ ਬੰਦ ਹੋਣ ਕਾਰਨ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਪਏਗਾ, ਜਿਸ ਕਰਕੇ ਸਰਕਾਰ ਦੇ ਇਸ ਫੈਸਲੇ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਆਂਗਣਵਾੜੀ ਵਰਕਰਾਂ ਤੋਂ ਇਲਾਵਾ ਬਹੁਤੇ ਅਧਿਆਪਕ ਸੰਗਠਨ ਵੀ ਸਕੂਲਾਂ ਵਿਚ ਛੋਟੇ ਬੱਚਿਆਂ ਲਈ ਪੂਰਾ ਬੁਨਿਆਦੀ ਢਾਂਚਾ ਨਾ ਹੋਣ ਕਾਰਨ ਹਾਲੇ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਸਹਿਮਤ ਨਹੀਂ ਹੋ ਰਹੇ ਪਰ ਸਰਕਾਰ ਆਪਣਾ ਫੈਸਲਾ ਲਾਗੂ ਕਰਨ ਲਈ ਦ੍ਰਿੜ੍ਹ ਦਿਖਾਈ ਦੇ ਰਹੀ ਹੈ।